ਲੁਧਿਆਣਾ, 14 ਜੂਨ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ ਪਰ ਉਹ ਝੂਠੇ ਇਸ਼ਤਿਹਾਰਾਂ ’ਤੇ ਪੈਸੇ ਬਰਬਾਦ ਕਰ ਰਹੀ ਹੈ।
ਅੱਜ ਇਥੇ ਲੁਧਿਆਣਾ ਪੱਛਮੀ ਹਲਕੇ ਵਿਚ ਪਾਰਟੀ ਉਮੀਦਵਾਰ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੇ ਸਾਰੇ ਬਹੁ ਗਿਣਤੀ ਪ੍ਰਾਜੈਕਟ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਅਕਾਲੀ ਦਲ ਦੀ ਸਰਕਾਰ ਬਣੇ ਸਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਕ ਵੀ ਪ੍ਰਾਜੈਕਟ ਸ਼ੁਰੂ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ। ਉਹਨਾਂ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਕੀ ਉਹਨਾਂ ਨੇ ਕਦੇ ਵੀ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਨੂੰ ਕਿਸੇ ਇਕ ਵੀ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਵੇਖਿਆ ਹੈ ?
ਭਗਵੰਤ ਮਾਨ ’ਤੇ ਵਰ੍ਹਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਅਰਵਿੰਦ ਕੇਜਰੀਵਾਲ ਦੇ ਅੱਗੇ ਪੂਰੀ ਤਰ੍ਹਾਂ ਆਤਮ ਸਮਰਪਣ ਕਰ ਦਿੱਤਾ ਹੈ ਤੇ ਕੇਜਰੀਵਾਲ ਹੀ ਸੂਬੇ ਵਿਚ ਮਨਮਰਜ਼ੀ ਚਲਾ ਰਹੇ ਹਨ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਝੂਠੇ ਇਸ਼ਤਿਹਾਰਾਂ ’ਤੇ 800 ਕਰੋੜ ਰੁਪਏ ਸਾਲਾਨਾ ਖਰਚ ਕਰ ਰਹੀ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਇਸ਼ਤਿਹਾਰਾਂ ਲਈ ਇਹ ਬਜਟ ਤਕਰੀਬਨ 30 ਕਰੋੜ ਰੁਪਏ ਹੁੰਦਾ ਸੀ ਜੋ ਕਾਂਗਰਸ ਸਰਕਾਰ ਵੇਲੇ ਵਧਾ ਕੇ 150 ਕਰੋੜ ਰੁਪਏ ਕਰ ਦਿੱਤਾ ਗਿਆ ਤੇ ਹੁਣ 800 ਕਰੋੜ ਰੁਪਏ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੈਸੇ ਦੀ ਬਰਬਾਦੀ ਕਰਨ ਕਾਰਨ ਪੰਜਾਬ ਸਿਰ ਅੱਜ 4 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਸਭ ਕੁਝ ਵੇਖ ਲਿਆ ਹੈ ਤੇ ਹੁਣ ਉਹ ਚੋਣਾਂ ਵਿਚ ਆਪ ਨੂੰ ਕਰਾਰਾ ਜਵਾਬ ਦੇਣਗੇ।