ਸੂਬਾ ਸਰਕਾਰ ਨੇ ਪੰਜਾਬ ਨੂੰ ਕੀਤਾ ਰੇਤ ਮਾਫੀਆ, ਸਰਾਬ ਮਾਫੀਆ ਅਤੇ ਗੈਂਗਸਟਰਾਂ ਦੇ ਹਵਾਲੇ – ਜੱਥੇਦਾਰ ਗਾਬੜੀਆ

ਲੁਧਿਆਣਾ 16 ਮਈ ( ਅਸੋਕ ਪੁਰੀ ) ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਹਲਕੇ ਦੇ ਵੋਟਰਾਂ ਦਾ ਮਿਲ ਰਿਹਾ ਸਮਰਥਨ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਜੱਥੇਦਾਰ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ ਨੇ ਭਾਈ ਰਣਧੀਰ ਸਿੰਘ ਨਗਰ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਬੁਖਲਾਹਟ ਦਾ ਅੰਦਾਜ਼ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿੱਥੇ ਜਿੱਥੇ ਵੀ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਦੇ ਫਲੈਕਸ ਲਗਾਏ ਜਾਂਦੇ ਹਨ , ਵਿਰੋਧੀਆਂ ਵੱਲੋਂ ਉਹਨਾਂ ਫਲੈਕਸਾਂ ਨੂੰ ਪਾੜਕੇ ਆਪਣੇ ਫਲੈਕਸ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਵੱਧ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੇਤ ਮਾਫੀਆ, ਸਾਰਾਬ ਮਾਫੀਆ ਅਤੇ ਗੈਂਗਸਟਰਾਂ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬ ਅੰਦਰ ਲਾਅ ਐਂਡ ਆਡਰ ਦੀ ਸਥਿਤੀ ਖਤਮ ਹੋ ਚੁੱਕੀ। ਭਗਵੰਤ ਮਾਨ ਸਰਕਾਰ ਸ੍ਰੋਮਣੀ ਅਕਾਲੀ ਦਲ ਵੇਲੇ ਦੇ ਵਿਕਾਸ ਕਾਰਜਾਂ ਨੂੰ ਲਿਪਾਪੋਚੀ ਕਰਕੇ ਉਨ੍ਹਾਂ ਦੇ ਉਦਘਾਟਨ ਕਰਕੇ ਝੂਠੀ ਵਾਹੋਵਾਹੀ ਖੱਟਣ ਵਿੱਚ ਲੱਗੀ ਹੋਈ ਹੈ। ਜੱਥੇਦਾਰ ਗਾਬੜੀਆ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਗਈ ਹੈ ਅਤੇ ਲੋਕਾਂ ਨੂੰ ਇਨਸਾਫ਼ ਲਈ ਥਾਣਿਆਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਮੂਲ ਭੂਤ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਉਹਨਾਂ ਦੀਆਂ ਨੀਤੀਆਂ ਲੋਕਾਂ ਲਈ ਨੁਕਸਾਨਦਾਇਕ ਸਾਬਤ ਹੋਈਆਂ ਹਨ। ਜੱਥੇਦਾਰ ਗਾਬੜੀਆ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਜਿੱਥੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ ਉੱਥੇ ਲੋਕਾਂ ਨੂੰ ਯਕੀਨ ਦਿਲਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵਿੱਚ ਇਹ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।